ਮੋਦੀ ਸਰਕਾਰ ਦੇ ਰਾਜ ਦੌਰਾਨ ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ – ਤ੍ਰਿਲੋਚਨ ਸਿੰਘ
ਕਰਨਾਲ 04 ਮਈ (ਪਲਵਿੰਦਰ ਸਿੰਘ ਸੱਗੂ)
ਕਾਂਗਰਸ ਦੇ ਜ਼ਿਲ੍ਹਾ ਕਨਵੀਨਰ ਤ੍ਰਿਲੋਚਨ ਸਿੰਘ ਨੇ ਜੰਤਰ-ਮੰਤਰ ਵਿਖੇ ਖਿਡਾਰੀਆਂ ਨੂੰ ਮਿਲਣ ਜਾ ਰਹੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਦੌਰਾਨ ਦੇਸ਼ ਵਿੱਚ ਅਣਐਲਾਨੀ ਐਮਰਜੈਂਸੀ ਲੱਗੀ ਹੋਈ ਹੈ।ਲੋਕਤੰਤਰ ਨੂੰ ਜੜ੍ਹ ਤੋਂ ਖਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਦੀਪੇਂਦਰ ਹੁੱਡਾ ਹੜਤਾਲ ‘ਤੇ ਬੈਠੇ ਪਹਿਲਵਾਨਾਂ ਨੂੰ ਮਿਲਣਾ ਚਾਹੁੰਦੇ ਸਨ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕਰਨਾ ਚਾਹੁੰਦੇ ਸਨ, ਪਰ ਪੁਲਿਸ ਪ੍ਰਸ਼ਾਸਨ ਨੇ ਧਾਰਾ 144 ਦਾ ਹਵਾਲਾ ਦਿੰਦੇ ਹੋਏ ਪਹਿਲਵਾਨਾਂ ਨੂੰ ਮਿਲਣ ਨਹੀਂ ਦਿੱਤਾ ਅਤੇ ਥਾਣੇ ਲੈ ਗਏ। ਤ੍ਰਿਲੋਚਨ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਖਿਡਾਰੀਆਂ ’ਤੇ ਵੀ ਬਲ ਪ੍ਰਯੋਗ ਕੀਤਾ ਗਿਆ। ਕਈ ਖਿਡਾਰੀ ਜ਼ਖਮੀ ਵੀ ਹੋਏ ਹਨ।ਉਨ੍ਹਾਂ ਕਿਹਾ ਕਿ ਡਬਲਯੂਐਫਆਈ ਦੇ ਪ੍ਰਧਾਨ ਬ੍ਰਿਜ ਭੂਸ਼ਣ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪੁਲਿਸ ਨੇ ਅਜੇ ਤੱਕ ਉਸਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ? ਸਰਕਾਰ ਸੁੱਤੀ ਪਈ ਹੈ ਜੋ ਬੱਚੀਆਂ ਨੂੰ ਬਚਾਉਣ ਅਤੇ ਪੜ੍ਹਾਉਣ ਦਾ ਦਾਅਵਾ ਕਰਦੀ ਹੈ। ਉਨ੍ਹਾਂ ਕਿਹਾ ਕਿ ਧਰਨੇ ’ਤੇ ਬੈਠੇ ਪਹਿਲਵਾਨਾਂ ਵੱਲੋਂ ਲਾਏ ਦੋਸ਼ਾਂ ਦੇ ਆਧਾਰ ’ਤੇ ਬ੍ਰਿਜ ਭੂਸ਼ਨ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ। ਕਾਂਗਰਸ ਪਹਿਲਵਾਨਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।