ਹਰਿਆਣਾ ਦੇ ਸਿੱਖਾਂ ਦੀ ਸੰਵਿਧਾਨਕ ਤੌਰ ‘ਤੇ ਇਤਿਹਾਸਕ ਜਿੱਤ : ਐਡਵੋਕੇਟ ਅੰਗਰੇਜ਼ ਸਿੰਘ ਪੰਨੂ/ਚੰਨਦੀਪ ਖੁਰਾਣਾ
ਕਰਨਾਲ 20 ਸਿਤੰਬਰ ( ਪਲਵਿੰਦਰ ਸਿੰਘ ਸੱਗੂ)
ਅੱਜ ਕਰਨਾਲ ਦੇ ਡੇਰਾ ਕਾਰ ਸੇਵਾ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਚੰਨਦੀਪ ਸਿੰਘ ਖੁਰਾਣਾ ਅਤੇ ਹਰਿਆਣਾ ਕਮੇਟੀ ਦੇ ਪੁਰਾਣੇ ਵਰਕਰ ਅੰਗਰੇਜ਼ ਸਿੰਘ ਪੰਨੂ ਐਡਵੋਕੇਟ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਅੱਜ ਮਿਤੀ 20.9.2022 ਨੂੰ ਮਾਣਯੋਗ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਕਰਦੇ ਹੌਏ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚੁਣੌਤੀ ਦੇਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਪਾਈ ਗਈ ਪਟੀਸ਼ਨ ਖਾਰਜ ਕਰ ਦਿੱਤੀ ਹੈ।ਹੁਣ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰਿਆਣਾ ਦੇ ਗੁਰਦੁਆਰਿਆਂ ਦਾ ਮੁਕੰਮਲ ਪ੍ਰਬੰਧ ਮਿਲ ਜਾਵੇਗਾ ਅਤੇ ਹਰਿਆਣਾ ਦੇ ਗੁਰਦੁਆਰਿਆਂ ਵਿੱਚੋਂ ਅਕਾਲੀ ਦਲ ਬਾਦਲ ਦੀ ਸਰਦਾਰੀ ਖ਼ਤਮ ਹੋ ਜਾਵੇਗੀ। ਐਡਵੋਕੇਟ ਪੰਨੂੰ ਨੇ ਕਿਹਾ ਕਿ ਕਾਂਗਰਸ ਦੀ ਹੁੱਡਾ ਸਰਕਾਰ ਨੇ ਜੁਲਾਈ 2014 ਵਿੱਚ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਵਿਧਾਨਕ ਮਾਨਤਾ ਦਿੱਤੀ ਸੀ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਪਹਿਲਾਂ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ।ਜੋ ਬਾਅਦ ਵਿੱਚ ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ। 2014 ਤੋਂ ਲੈ ਕੇ ਅੱਜ ਤੱਕ ਕਾਨੂੰਨੀ ਲੜਾਈ ਲੜਨ ਤੋਂ ਬਾਅਦ ਅੱਜ ਮਾਣਯੋਗ ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਇਆ ਹੈ ਤਾਂ ਜੋ ਹਰਿਆਣਾ ਦੇ ਸਿੱਖਾਂ ਦਾ ਭਵਿੱਖ ਉਜਵਲ ਹੋ ਸਕੇ। ਜ਼ਿਕਰਯੋਗ ਹੈ ਕਿ 2014 ਵਿੱਚ ਅਕਾਲੀ ਦਲ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਨੇ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਲੈਣ ਦੀ ਹਰਿਆਣੇ ਦੇ ਸਿੱਖਾਂ ਦੀ ਜਾਇਜ਼ ਮੰਗ ਨੂੰ ਠੁਕਰਾ ਕੇ ਸਾਰੇ ਗੁਰਦੁਆਰਿਆਂ ‘ਤੇ ਆਪਣੀ ਟਾਸਕ ਫੋਰਸ ਅਤੇ ਨਿਹੰਗ ਸਿੰਘ ਜੱਥੇਬੰਦੀਆਂ ਦਾ ਗਠਨ ਕਰ ਦਿੱਤਾ ਸੀ। ਜੋ ਬਾਅਦ ਵਿੱਚ ਖੂਨੀ ਟਕਰਾਅ ਵਿੱਚ ਬਦਲ ਗਿਆ ਸੀ।ਇਸ ਮੌਕੇ ਗੁਰਦੀਪ ਸਿੰਘ ਰੰਬਾ ਨੇ ਕਿਹਾ ਕਿ ਹਰਿਆਣਾ ਦੇ ਸਿੱਖਾਂ ਨੇ ਲੰਬੀ ਲੜਾਈ ਲੜ ਕੇ ਇਹ ਮੁਕਾਮ ਹਾਸਲ ਕੀਤਾ ਹੈ। 20 ਸਾਲਾਂ ਦੀ ਲੰਬੀ ਜੱਦੋਜਹਿਦ ਤੋਂ ਬਾਅਦ ਅੱਜ ਅਸੀਂ ਆਪਣੇ ਗੁਰਦੁਆਰਿਆਂ ਦਾ ਪ੍ਰਬੰਧ ਕਾਨੂੰਨੀ ਤੌਰ ‘ਤੇ ਆਪਣੇ ਹੱਥਾਂ ਵਿਚ ਲੈਣ ਵਿਚ ਕਾਮਯਾਬ ਹੋਏ ਹਾਂ। ਉਨ੍ਹਾਂ ਕਿਹਾ ਕਿ ਸਰਦਾਰ ਜਗਦੀਸ਼ ਸਿੰਘ ਝੀਂਡਾ ਅਤੇ ਦੀਦਾਰ ਸਿੰਘ ਨਲਵੀ ਅਤੇ ਹੋਰ ਮੈਂਬਰਾਂ ਦੇ ਸਹਿਯੋਗ ਅਤੇ ਸੰਘਰਸ਼ ਸਦਕਾ ਅਤੇ ਸਿੱਖ ਸੰਗਤਾਂ ਦੇ ਅਸ਼ੀਰਵਾਦ ਸਦਕਾ ਹੁਣ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਭਾਲੇਗੀ, ਹਰਿਆਣਾ ਦੇ ਸਿੱਖਾਂ ਲਈ ਬਹੁਤ ਖੁਸ਼ੀ ਦੀ ਗੱਲ ਹੈ।ਇਸ ਮੌਕੇ ਸਮੂਹ ਆਗੂਆਂ ਨੇ ਹਰਿਆਣਾ ਸਰਕਾਰ ਦਾ ਧੰਨਵਾਦ ਵੀ ਕੀਤਾ ਕਿਉਂਕਿ ਹਰਿਆਣਾ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਇਹ ਲੜਾਈ ਵੀ ਸਿਰੇ ਨਹੀਂ ਚੜ੍ਹ ਸਕਦੀ ਸੀ ਅਤੇ ਸਰਕਾਰ ਨੂੰ ਅਪੀਲ ਕੀਤੀ ਕਿ ਹਰਿਆਣਾ ਦੇ ਸਾਰੇ ਗੁਰਦੁਆਰਿਆਂ ਦਾ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਜਾਵੇ। ਅਤੇ ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਈ ਜਾਵੇ।ਇਸ ਮੌਕੇ ਹਰਿਆਣਾ ਕਮੇਟੀ ਮੈਂਬਰ ਸਰਦਾਰ ਮਨਜੀਤ ਸਿੰਘ ਡਾਚਰ ਅਤੇ ਹਰਿਆਣਾ ਕਮੇਟੀ ਦੇ ਸੰਘਰਸ਼ੀ ਆਗੂ ਸਰਦਾਰ ਹਰਭਜਨ ਸਿੰਘ ਸਰਾਂ ਨੇ ਕਿਹਾ ਕਿ ਹੁਣ ਹਰਿਆਣੇ ਦੇ ਸਿੱਖਾਂ ਨੂੰ ਉਹ ਮੁਕਾਮ ਹਾਸਿਲ ਹੋ ਗਿਆ ਹੈ ਜਿਸਦੀ ਉਹਨਾਂ ਨੇ ਲਗਭਗ 25-30 ਸਾਲ ਪਹਿਲਾਂ ਕਲਪਨਾ ਕੀਤੀ ਸੀ। ਅੱਜ ਹਰਿਆਣੇ ਦੀ ਸਮੁੱਚੀ ਸਿੱਖ ਸੰਗਤ ਨੂੰ ਸਾਡਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਗੁਰਧਾਮਾਂ ਦਾ ਪ੍ਰਬੰਧ ਚਲਾ ਸਕੀਏ।