ਕਰਨਾਲ ਗਊਸ਼ਾਲਾ ਮਾਮਲੇ ‘ਚ ਗਊ ਮਾਤਾ ਦੇ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਗੌੜੇ ਦੋਸ਼ੀਆਂ ਨੂੰ ਵੀ ਜਲਦ ਕੀਤਾ ਜਾਵੇਗਾ ਕਾਬੂ : ਮਨੋਹਰ ਲਾਲ
ਮੁੱਖ ਮੰਤਰੀ ਮਨੋਹਰ ਲਾਲ ਨੇ ਸੋਮਵਾਰ ਨੂੰ ਕਰਨਾਲ ਦੇ ਫੂਸਗੜ੍ਹ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ ਪ੍ਰਬੰਧਾਂ ਵਿੱਚ ਸੁਧਾਰ ਲਈ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਕਰਨਾਲ 27 ਫਰਵਰੀ (ਪਲਵਿੰਦਰ ਸਿੰਘ ਸੱਗੂ,)
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਰਨਾਲ ਦੇ ਫੂਸਗੜ੍ਹ ਸਥਿਤ ਗਊਸ਼ਾਲਾ ‘ਚ ਗਊਆਂ ਦੀ ਹੱਤਿਆ ਦੇ ਮਾਮਲੇ ‘ਤੇ ਬਿਆਨ ਦਿੰਦੇ ਹੋਏ ਕਿਹਾ ਕਿ ਕਾਤਲਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਹੁਣ ਤੱਕ ਪੁਲਿਸ ਨੇ ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਲਦੀ ਹੀ ਹੋਰ ਫਰਾਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁੱਖ ਮੰਤਰੀ ਮਨੋਹਰ ਲਾਲ ਨੇ ਸੋਮਵਾਰ ਨੂੰ ਖੁਦ ਫੂਸਗੜ੍ਹ ਸਥਿਤ ਗਊਸ਼ਾਲਾ ਦਾ ਦੌਰਾ ਕੀਤਾ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗਊਆਂ ਦੀ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਦੀ ਜਾਂਚ ਚੱਲ ਰਹੀ ਹੈ। ਜਾਂਚ ਵਿੱਚ ਤੱਥ ਸਾਹਮਣੇ ਆਏ ਕਿ ਮੁਲਜ਼ਮਾਂ ਨੇ ਪਸ਼ੂਆਂ ਨੂੰ ਜ਼ਹਿਰੀਲੀ ਚੀਜ਼ ਖੁਆਈ। ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਤਿੰਨ ਮੁਲਜ਼ਮ ਅਜੇ ਫਰਾਰ ਹਨ। ਜਲਦੀ ਹੀ ਇਨ੍ਹਾਂ ਫ਼ਰਾਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਸਬੰਧੀ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਮਨੋਹਰ ਲਾਲ ਨੇ ਦੱਸਿਆ ਕਿ ਮੁਲਜ਼ਮ ਕੰਧ ਟੱਪ ਕੇ ਗਊਸ਼ਾਲਾ ਵਿੱਚ ਆਏ ਸਨ। ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਮੁਲਜ਼ਮ ਮਰੇ ਹੋਏ ਪਸ਼ੂਆਂ ਦਾ ਵਪਾਰ ਕਰਨ ਵਾਲਿਆਂ ਦੀ ਮਿਲੀਭੁਗਤ ਨਾਲ ਇਸ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ।ਹਾਲਾਂਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਪਸ਼ੂਆਂ ਦੇ ਚਾਰੇ ਅਤੇ ਦੇਖਭਾਲ ਲਈ ਨਗਰ ਨਿਗਮ ਨੂੰ ਦਿਸ਼ਾ-ਨਿਰਦੇਸ਼ ਦਿੱਤੇ । ਮੁੱਖ ਮੰਤਰੀ ਮਨੋਹਰ ਲਾਲ ਨੇ ਫੂਸਗੜ੍ਹ ਗਊਸ਼ਾਲਾ ਵਿੱਚ ਪਸ਼ੂਆਂ ਦੀ ਸੰਭਾਲ ਸਬੰਧੀ ਜ਼ਿਲ੍ਹਾ ਪ੍ਰੀਸ਼ਦ ਦੇ ਸੀਈਓ ਗੌਰਵ ਕੁਮਾਰ ਨੂੰ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਸ਼ੂਆਂ ਲਈ ਚਾਰੇ ਦਾ ਪੂਰਾ ਪ੍ਰਬੰਧ ਕੀਤਾ ਜਾਵੇ।ਇਸ ਦੇ ਨਾਲ ਹੀ ਸਮੇਂ-ਸਮੇਂ ‘ਤੇ ਉਨ੍ਹਾਂ ਦੀ ਸਿਹਤ ਦੀ ਜਾਂਚ ਵੀ ਕਰਵਾਈ ਜਾਵੇ। ਉਨ੍ਹਾਂ ਗਊਸ਼ਾਲਾ ਦੀ ਚਾਰਦੀਵਾਰੀ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯੋਗਿੰਦਰ ਰਾਣਾ, ਮੇਅਰ ਰੇਣੂ ਬਾਲਾ ਗੁਪਤਾ, ਮੁੱਖ ਮੰਤਰੀ ਦੇ ਮੀਡੀਆ ਕੋਆਰਡੀਨੇਟਰ ਜਗਮੋਹਨ ਆਨੰਦ, ਭਾਜਪਾ ਆਗੂ ਅਸ਼ੋਕ ਭੰਡਾਰੀ, ਡਿਪਟੀ ਕਮਿਸ਼ਨਰ ਅਨੀਸ਼ ਯਾਦਵ, ਪੁਲਿਸ ਸੁਪਰਡੈਂਟ ਗੰਗਾਰਾਮ ਪੂਨੀਆ, ਜ਼ਿਲ੍ਹਾ ਪ੍ਰੀਸ਼ਦ ਦੇ ਕਾਰਜਸਾਧਕ ਅਫ਼ਸਰ ਗੌਰਵ ਕੁਮਾਰ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ | ਇਸ ਮੌਕੇ ਅਧਿਕਾਰੀ ਹਾਜ਼ਰ ਸਨ।