24 ਅਪ੍ਰੈਲ ਨੂੰ ਰਾਸ਼ਟਰਪਤੀ ਐਨ.ਡੀ.ਆਰ.ਆਈ. ਵਿੱਚ ਹੋਣ ਜਾ ਰਹੇ ਕਨਵੋਕੇਸ਼ਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
ਡੀ ਸੀ ਅਨੀਸ਼ ਯਾਦਵ ਨੇ ਨੈਸ਼ਨਲ ਡੇਅਰੀ ਰਿਸਰਚ ਇੰਸਟੀਚਿਊਟ ਦਾ ਦੌਰਾ ਕਰ ਪ੍ਰਬੰਧਾਂ ਦਾ ਜਾਇਜ਼ਾ ਲਿਆ
ਕਰਨਾਲ 18 ਅਪ੍ਰੈਲ (ਪਲਵਿੰਦਰ ਸਿੰਘ ਸੱਗੂ)
ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ 24 ਅਪ੍ਰੈਲ ਕਰਨਾਲ ਵਿਚ ਹੋਣ ਵਾਲੀ ਆਮਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਮੰਗਲਵਾਰ ਨੂੰ ਸਥਾਨਕ ਨੈਸ਼ਨਲ ਡੇਅਰੀ ਰਿਸਰਚ ਇੰਸਟੀਚਿਊਟ ਦਾ ਦੌਰਾ ਕੀਤਾ ਅਤੇ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੁਲਿਸ ਸੁਪਰਡੈਂਟ ਸ਼ਸ਼ਾਂਕ ਕੁਮਾਰ ਸਾਵਨ ਸਮੇਤ ਸਮੂਹ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਐਨ.ਡੀ.ਆਰ.ਆਈ. ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।ਦੱਸ ਦੇਈਏ ਕਿ 24 ਅਪ੍ਰੈਲ ਨੂੰ ਰਾਸ਼ਟਰਪਤੀ ਐਨ.ਡੀ.ਆਰ.ਆਈ. ਆਡੀਟੋਰੀਅਮ ਵਿੱਚ ਹੋਣ ਜਾ ਰਹੇ ਕਨਵੋਕੇਸ਼ਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਸਨਮਾਨਿਤ ਕਰਨਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਮਹਿਮ ਰਾਸ਼ਟਰਪਤੀ ਜੀ ਦੀ ਕਰਨਾਲ ਫੇਰੀ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਅਤੇ ਕਰਨਾਲ ਦੇ ਲੋਕਾਂ ਲਈ ਇਹ ਇਤਿਹਾਸਕ ਪਲ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਉੱਚ ਪੱਧਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ।ਇਸ ਮੌਕੇ ਉਨ੍ਹਾਂ ਨੇ ਪ੍ਰੋਗਰਾਮ ਦੇ ਆਯੋਜਨ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਬਿੰਦੂ-ਵਾਰ ਚਰਚਾ ਕੀਤੀ।ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਨੇ ਆਪਣੇ ਦੌਰੇ ਦੌਰਾਨ ਐਨ.ਡੀ.ਆਰ.ਆਈ ਦੇ ਖੇਡ ਸਟੇਡੀਅਮ ਦਾ ਵੀ ਦੌਰਾ ਕੀਤਾ ਅਤੇ ਉੱਥੇ ਬਣਨ ਵਾਲੇ ਹੈਲੀਪੈਡ ਦਾ ਜਾਇਜ਼ਾ ਵੀ ਲਿਆ ਅਤੇ ਸੁਰੱਖਿਆ ਦੇ ਨਜ਼ਰੀਏ ਤੋਂ ਕੀਤੇ ਜਾਣ ਵਾਲੇ ਸਾਰੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਅਮਨ ਕੁਮਾਰ, ਐਸ.ਡੀ.ਐਮ ਇੰਦਰੀ ਰਾਜੇਸ਼ ਪੁਨੀਆ, ਐਸ.ਡੀ.ਐਮ ਅਸੰਦ ਮਨਦੀਪ ਕੁਮਾਰ, ਮੈਨੇਜਰ ਸ਼ੂਗਰਮਿਲ ਡਾ.ਪੂਜਾ ਭਾਰਤੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।